Pages

Saturday, November 9, 2024

ਅਰਜਨਟੀਨਾ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀਆਂ ਤੇ ਕਬਜ਼ਾ



ਅਰਜਨਟੀਨਾ ਦੀ ਰਾਜਧਾਨੀ ਬੋਏਨਸ ਆਇਰਸ ਸਮੇਤ ਲੱਗਭਗ ਸਾਰੇ ਵੱਡੇ ਉਪਨਗਰਾਂ ਵਿੱਚ 30 ਜਨਤਕ ਯੂਨੀਵਰਸਿਟੀਆਂ ਤੇ 70 ਤੋਂ ਵੱਧ ਵਿਦਿਅਕ ਵਿਭਾਗਾਂ ਨੂੰ ਵਿਦਿਆਰਥੀਆਂ ਨੇ ਆਪਣੇ ਕਬਜ਼ੇ ਹੇਠ ਲੈ ਲਿਆ ਹੈ। ਵਿਦਿਆਰਥੀਆਂ ਨੇ ਇਸ ਸੰਘਰਸ਼ ਨੂੰ ‘ਤੋਮਾਦਾ’ (ਕਬਜ਼ਾ) ਦਾ ਨਾਮ ਦਿੱਤਾ ਹੈ। ਵਿਦਿਆਰਥੀ ਨਿਯੰਤਰਣ ਹੇਠਲੀਆਂ ਯੂਨੀਵਰਸਿਟੀਆਂ ਦੇ ਸਾਰੇ ਪ੍ਰਸ਼ਾਸਨਿਕ ਕੰਮ ਵਿਦਿਆਰਥੀ ਖੁਦ ਕਰ ਰਹੇ ਹਨ। ਵਿਦਿਅਕ ਸੰਸਥਾਵਾਂ ਦੀ ਸਫ਼ਾਈ, ਲੈਕਚਰਾਂ ਦਾ ਆਯੋਜਨ, ਭੋਜਨ, ਸੁਰੱਖਿਆ ਆਦਿ ਸਮੇਤ ਵਿਦਿਆਰਥੀ, ਕੈਂਪਸ ਅੰਦਰ ਜਮਨੇਜ਼ੀਅਮ, ਲੈਕਚਰ ਥੀਏਟਰ, ਗੀਤ-ਸੰਗੀਤ ਅਤੇ ਕੈਂਪਸ ਦੇ ਬਾਹਰ ਗਲੀਆਂ ਤੇ ਸੜਕਾਂ ਉੱਤੇ ਕਲਾਸਾਂ ਲਗਾ ਰਹੇ ਹਨ। ਰਾਤ ਸਮੇਂ ਵਿਦਿਆਰਥੀ ਕਲਾਸ ਰੂਮਾਂ ਵਿੱਚ ਹੀ ਸੌਂਦੇ ਹਨ। ਹਰੇਕ ਪ੍ਰਬੰਧਕੀ ਕੰਮ ਲਈ ਵਿਦਿਆਰਥੀਆਂ ਨੇ ਅਲੱਗ-ਅਲੱਗ ਕਮੇਟੀਆਂ, ਕਮਿਸ਼ਨ ਤੇ ਅਸੈਂਬਲੀਆਂ ਬਣਾਈਆਂ ਹੋਈਆਂ ਹਨ। ਪ੍ਰੋਫੈਸਰਾਂ ਦੀਆਂ ਤਨਖਾਹਾਂ ’ਚ ਕੋਈ ਰੁਕਾਵਟ ਨਾ ਪਏ, ਇਸ ਲਈ ਉਹਨਾਂ ਨੂੰ ਨਿਯਮਤ ਸਮੇਂ ਲਈ ਹਾਜ਼ਰੀ ਲਈ ਯੂਨੀਵਰਸਿਟੀਆਂ ’ਚ ਦਾਖਲ ਹੋਣ ਦਿੱਤਾ ਜਾਂਦਾ ਹੈ, ਪਰ ਡੀਨ ਅਤੇ ਫੈਕਲਟੀ ਅਧਿਕਾਰੀਆਂ ਨੂੰ ਯੂਨੀਵਰਸਿਟੀ ਦੀ ਇਮਾਰਤ ਅੰਦਰ ਦਾਖਲ ਹੋਣ ਤੇ ਰੋਕ ਹੈ। 

ਅਰਜਨਟੀਨਾ ਦੇ ਸੱਜੇਪੱਖੀ ਰਾਸ਼ਟਰਪਤੀ ਖਾਵੀਅਰ ਮਿਲੇਅ ਵੱਲੋਂ ਫਰਵਰੀ ਵਿੱਚ ਫਾਈਨਾਂਸਿੰਗ ਕਾਨੂੰਨ ਤਹਿਤ ਯੂਨੀਵਰਸਿਟੀ ਫੰਡਾਂ ਵਿੱਚ 71 ਪ੍ਰਤੀਸ਼ਤ ਦੀ ਕਟੌਤੀ ਕਾਰਨ ਵਿਦਿਆਰਥੀਆਂ ਅੰਦਰ ਰੋਹ ਦੀ ਲਹਿਰ ਫੈਲ ਗਈ। ਮਿਲੇਅ ਨੇ ਜਨਤਕ ਸਿੱਖਿਆ ਪ੍ਰਣਾਲੀ ਨੂੰ ‘ਨਾਜਾਇਜ਼’ ਤੇ ‘ਵਿੱਤੀ ਸੰਤੁਲਨ ਲਈ ਖਤਰਾ’ ਦੇਣ ਵਾਲੀ ਕਿਹਾ। ਸਰਕਾਰ ਸਾਲ 2025 ਤੱਕ ਜਨਤਕ ਯੂਨੀਵਰਸਿਟੀਆਂ ਦੇ ਬਜ਼ਟ ਵਿੱਚ ਹੋਰ ਭਾਰੀ ਕਟੌਤੀ ਕਰਨ ਦੀ ਯੋਜਨਾ ਬਣਾ ਰਹੀ ਹੈ। ਸੱਜੇਪੱਖੀ ਸਰਕਾਰ ਨਵਉਦਾਰਵਾਦੀ ਏਜੰਡੇ ਤਹਿਤ ਪਬਲਿਕ ਯੂਨੀਵਰਸਿਟੀਆਂ ਦਾ ਨਿੱਜੀਕਰਨ ਕਰਨ ਦੇ ਰਾਹ ਤੇ ਚੱਲ ਰਹੀ ਹੈ। ਜਿੱਥੇ ਇਸਦਾ ਅਸਰ ਪਬਲਿਕ ਯੂਨੀਵਰਸਿਟੀਆਂ ਵਿੱਚ ਪੜ੍ਹਦੇ 48% ਗਰੀਬ ਬੱਚਿਆਂ ਦੀ ਸਿੱਖਿਆ ਤੇ ਪਵੇਗਾ ਉੱਥੇ ਇਸਦਾ ਅਸਰ ਸਿੱਖਿਆ ਦੀ ਗੁਣਵਤਾ ਅਤੇ ਸਟਾਫ ਦੀਆਂ ਤਨਖਾਹਾਂ ਤੇ ਵੀ ਪਵੇਗਾ। ਜਨਤਕ ਸਿੱਖਿਆ ਤੇ ਹੋਰ ਸੇਵਾਵਾਂ ਵਿੱਚ ਕਟੌਤੀਆਂ ਦੇ ਵਿਰੋਧ ਵਿੱਚ ਅਪ੍ਰੈਲ ਵਿੱਚ ਦਸ ਲੱਖ ਵਿਦਿਆਰਥੀਆਂ ਨੇ ਰੋਸ ਮਾਰਚ ਤੇ ਜਨਤਕ ਵਿਰੋਧ ਪ੍ਰਦਰਸ਼ਨ ਲਾਮਬੰਦ ਕੀਤੇ ਸਨ। ਅਕਤੂਬਰ ਮਹੀਨੇ ਵਿੱਚ ਕਾਂਗਰਸ ਨੇ ਦੇਸ਼ ਦੀਆਂ ਯੂਨੀਵਰਸਿਟੀਆਂ ਲਈ ਫੰਡ ਵਧਾਉਣ ਅਤੇ ਮਹਿੰਗਾਈ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਸਟਾਫ ਦੀਆਂ ਤਨਖਾਹਾਂ ਵਧਾਉਣ ਲਈ ਇੱਕ ਬਿੱਲ ਪੇਸ਼ ਕੀਤਾ ਸੀ। ਇਸ ਬਿਲ ਦੇ ਪਾਸ ਹੋਣ ਦੀ ਸੂਰਤ ਵਿੱਚ ਸਰਕਾਰ ਨੂੰ ਦੇਸ਼ ਦੇ ਕੁੱਲ ਘਰੇਲੂ ਉਤਪਾਦ (ਘਧਫ) ਦਾ 1% ਤੋਂ ਵੱਧ ਖਰਚਣਾ ਪੈਣਾ ਸੀ ਤੇ ਸਿੱਖਿਆ ਬਿੱਲ ਦੀ ਲਾਗਤ ਲਈ 0.14% ਖਰਚਣਾ ਪੈਣਾ ਸੀ। ਰਾਸ਼ਟਰਪਤੀ ਮਿਲੇਅ ਨੇ ਇਸ ਬਿੱਲ ਨੂੰ ਰੋਕਣ ਦੀ ਧਮਕੀ ਦਿੱਤੀ ਤੇ ਬਿੱਲ ਵਿਰੁੱਧ ਵੀਟੋ ਦੀ ਵਰਤੋਂ ਕੀਤੀ। ਇਸ ਨਾਲ ਵਿਦਿਆਰਥੀ ਰੋਹ ਹੋਰ ਭੜਕ ਗਿਆ ਅਤੇ ਵਿਦਿਆਰਥੀ ਸੰਘਰਸ਼ ਦੇਸ਼ ਭਰ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਿਆ ਤੇ ਇਸਨੇ ਦੇਸ਼ ਦੇ ਹਨ ਕੋਨੇ ਦੇ ਵਿਦਿਅਕ ਭਾਈਚਾਰੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਦੇਸ਼ ਭਰ ਦੀਆਂ ਅਨੇਕਾਂ ਮਜ਼ਦੂਰ ਤੇ ਟਰੇਡ ਯੂਨੀਅਨਾਂ ਵਿਦਿਆਰਥੀ ਅੰਦੋਲਨ ਦੀ ਹਮਾਇਤ ਉੱਤੇ ਆ ਗਈਆਂ ਹਨ। 

ਮਿਲੇਅ ਸਿੱਖਿਆ ਸਮੇਤ ਹੋਰ ਜਨਤਕ ਸੇਵਾਵਾਂ ਉੱਤੇ ਕੱਟ ਲਾਉਣ ਦੀ ਨਵਉਦਾਰਵਾਦੀ ਨੀਤੀ ਦੇ ਨਾਲ-ਨਾਲ, ਭਾਰਤ ਦੀ ਹਿੰਦੂਤਵੀ ਭਾਜਪਾ ਹਕੂਮਤ ਦੀ ਤਰਜ਼ ਤੇ ਵਿਦਿਅਕ ਪਾਠਕ੍ਰਮਾਂ ਵਿੱਚ ਸੋਧਾਂ ਕਰਨ ਦੀ ਨੀਤੀ ਤੇ ਵੀ ਚੱਲ ਰਿਹਾ ਹੈ। ਉਹ ਸਮਾਜਵਾਦੀ ਵਿਚਾਰਧਾਰਾ ਨਾਲ ਸਬੰਧਿਤ ਪਾਠਕ੍ਰਮ ਨੂੰ ਖਤਮ ਕਰਕੇ ਪੂੰਜੀਵਾਦੀ ਵਿਚਾਰਧਾਰਾ ਦੇ ਪਸਾਰ ਦਾ ਰਾਹ ਪੱਧਰਾ ਕਰਨਾ ਚਾਹੁੰਦਾ ਹੈ। ਚਾਲੂ ਵਰ੍ਹੇ ਦੇ ਸ਼ੁਰੂ ਵਿੱਚ ਵਿਸ਼ਵ ਆਰਥਿਕ ਫੋਰਮ ਨੂੰ ਦਿੱਤੇ ਇੱਕ ਭਾਸ਼ਣ ਵਿੱਚ, ਉਸਨੇ ਕਿਹਾ ਸੀ ਕਿ ਜਨਤਕ ਸਿੱਖਿਆ ਉਹ ਸਿੱਖਿਆ ਹੈ ਜਿੱਥੇ “ਇੱਕ ਅਜਿਹੇ ਦੇਸ਼ ਵਿੱਚ ਜਿੱਥੇ ਵਧੇਰੇ ਪੂੰਜੀਵਾਦ ਅਤੇ ਵਧੇਰੇ ਆਜ਼ਾਦੀ ਦੀ ਲੋੜ ਹੈ, ਉੱਥੇ ਖੁੱਲੇ ਤੌਰ 'ਤੇ ਪੂੰਜੀਵਾਦ ਵਿਰੋਧੀ ਅਤੇ ਉਦਾਰਵਾਦੀ ਵਿਰੋਧੀ, ਖੱਬੇਪੱਖੀ ਵਿਦਿਅਕ ਪਾਠਕ੍ਰਮ ਫੈਲਦਾ ਹੈ”। 


ਇਸਤੋਂ ਬਿਨਾਂ, ਸਰਕਾਰ ਅਤੇ ਸਰਕਾਰ ਪੱਖੀ ਰਾਸ਼ਟਰਵਾਦੀ ਸੱਜੇਪੱਖੀ ਵਿਦਿਆਰਥੀ ਯੂਨੀਅਨਾਂ ਯੋਜਨਾਬੱਧ ਢੰਗ ਨਾਲ ਲੋਕਾਂ ਨੂੰ ਵੰਡਣ ਅਤੇ ਉਹਨਾਂ ਨੂੰ ਇੱਕ ਦੂਜੇ ਦੇ ਵਿਰੁੱਧ ਖੜਾ ਕਰਨ ਦੇ ਲਗਾਤਾਰ ਯਤਨ ਕਰ ਰਹੀਆਂ ਹਨ। ਉਹ ਯੂਨੀਵਰਸਿਟੀਆਂ ਨੂੰ ਕੁਲੀਨ ਸੰਸਥਾਵਾਂ ਵਜੋਂ ਪੇਸ਼ ਕਰ ਰਹੇ ਹਨ, ਜਿੱਥੇ ਸਿਰਫ “ਅਮੀਰਾਂ ਅਤੇ ਉੱਚ-ਮੱਧ ਵਰਗ ਦੇ ਬੱਚਿਆਂ ਤੋਂ ਇਲਾਵਾ ਕੋਈ ਨਹੀਂ ਪੜ੍ਹਦਾ” ਦਾ ਝੂਠ ਫੈਲਾਅ ਰਹੇ। ਜਦਕਿ ਹਕੀਕਤ ਇਹ ਹੈ ਕਿ ਅਰਜਨਟੀਨਾ ਦੀਆਂ ਪਬਲਿਕ ਯੂਨੀਵਰਸਿਟੀਆਂ ਵਿੱਚ 48% ਤੋਂ ਵੱਧ ਵਿਦਿਆਰਥੀ ਗਰੀਬ ਪਰਿਵਾਰਾਂ ਨਾਲ ਸਬੰਧਿਤ ਹਨ। ਅਰਥ ਸ਼ਾਸਤਰੀ ਡੈਨੀਅਲ ਸ਼ਟੀਨਗਾਰਟ ਮੁਤਾਬਕ, ਅਰਜਨਟੀਨਾ ਦੀਆਂ ਯੂਨੀਵਰਸਿਟੀਆਂ ਤੇ ਉੱਚ ਵਿਦਿਅਕ ਅਦਾਰਿਆਂ ਵਿੱਚ 1970 ਵਿੱਚ ਸਿਰਫ 275,000 ਵਿਦਿਆਰਥੀ ਪੜ੍ਹਦੇ ਸਨ ਤੇ ਇਹ ਗਿਣਤੀ ਵਧ ਕੇ ਅੱਜ ਲਗਭਗ 40 ਲੱਖ ਹੋ ਗਈ ਹੈ। ਉਸ ਮੁਤਾਬਕ ਉੱਚ ਸਿੱਖਿਆ ਵਿੱਚ ਗਰੀਬ ਵਰਗ ਨੂੰ ਬਹੁਤ ਜ਼ਿਆਦਾ ਲਾਭ ਪਹੁੰਚਿਆ ਹੈ। 

ਜਨਤਕ ਖੇਤਰ ਵਿੱਚ ਮਿਲੇਅ ਨੇ ਵੱਡੇ ਪੱਧਰ 'ਤੇ ਛਾਂਟੀ ਤੋਂ ਇਲਾਵਾ, ਨਿੱਜੀ ਖੇਤਰ ਵਿੱਚ ਨੌਕਰੀਆਂ ਵਿੱਚ ਭਾਰੀ ਕਟੌਤੀ ਕੀਤੀ ਹੈ। ਨਿੱਜੀਕਰਨ ਦੇ ਇਹਨਾਂ ਸਰਕਾਰੀ ਫੈਸਲਿਆਂ ਖਿਲਾਫ ਲੜੀਵਾਰ ਹੋ ਰਹੀਆਂ ਦੇਸ਼-ਵਿਆਪੀ ਆਮ ਹੜਤਾਲਾਂ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਇੱਕਜੁੱਟ ਹੋ ਰਹੀਆਂ ਹਨ ਜਿਹਨਾਂ ਵਿੱਚ ਸੰਗਠਿਤ ਖੱਬੇਪੱਖੀ ਮਜ਼ਦੂਰ ਯੂਨੀਅਨਾਂ, ਸਿਹਤ ਸੰਭਾਲ ਕਰਮਚਾਰੀ, ਜਨਤਕ ਖੇਤਰ ਦੇ ਕਰਮਚਾਰੀ, ਏਅਰਲਾਈਨ ਅਤੇ ਸਰਕਾਰੀ ਤੇਲ ਕੰਪਨੀਆਂ ਦੇ ਕਰਮਚਾਰੀ, ਵਿਦਿਆਰਥੀ, ਡਾਕਟਰ, ਵਿਗਿਆਨੀ, ਫਿਲਮਕਾਰ, ਅਧਿਆਪਕ ਆਦਿ ਸ਼ਾਮਲ ਹਨ। ਇਸ ਖੱਬੀ ਟਰੇਡ ਯੂਨੀਅਨ ਏਕਤਾ ਵਿੱਚ ਬ੍ਰਾਜ਼ੀਲ ਦੀ ਹਵਾਬਾਜ਼ੀ ਵਰਕਰਾਂ ਦੀ ਯੂਨੀਅਨ ਨੇ ਘੋਸ਼ਣਾ ਕੀਤੀ ਕਿ ਉਹ ਆਪਣੇ ਮੈਂਬਰਾਂ ਨੂੰ ਘਰੇਲੂ ਅਰਜਨਟੀਨਾ ਦੀਆਂ ਉਡਾਣਾਂ ਚਲਾਉਣ ਦੀ ਆਗਿਆ ਨਹੀਂ ਦੇਵੇਗੀ।

ਅਰਜਨਟੀਨਾ ਦਾ ਰਾਸ਼ਟਰਪਤੀ ਖਾਵੀਅਰ ਮਿਲੇਅ ਇੱਕ ਅਰਾਜਕਤਾਵਾਦੀ ਅਰਥਸ਼ਾਸ਼ਤਰੀ ਹੈ, ਜੋ ਖੁਦ ਨੂੰ ‘ਅਰਾਜਕ ਪੂੰਜੀਪਤੀ’ ਅਖਵਾਉਂਦਾ ਹੈ। ਸੱਤਾ ਤੇ ਬਿਰਾਜਮਾਨ ਹੋਣ ਵੇਲੇ ਹੀ ਉਸਨੇ ਚਿੰਨ੍ਹਾਤਮਕ ਤੌਰ ਤੇ ਹੱਥ ’ਚ ਆਰਾ ਫੜਕੇ ਤਿੱਖੇ ਤੇ ਅਰਾਜਕ ਆਰਥਿਕ ਸੁਧਾਰਾਂ ਦਾ ਐਲਾਨ ਕੀਤਾ ਸੀ। ਇਹ ਐਲਾਨ ਉਸ ਸਮੇਂ ਕੀਤੇ ਗਏ ਸਨ ਜਦੋਂ ਅਰਜਨਟੀਨਾ ਦੀ ਆਰਥਿਕਤਾ ਦੇਸ਼-ਪੱਧਰੀ ਮਹਿੰਗਾਈ, ਬੇਰੁਜਗਾਰੀ, ਭ੍ਰਿਸ਼ਟਾਚਾਰ, ਵੱਧਦਾ ਵਿੱਤੀ ਘਾਟਾ, ਵੱਧਦਾ ਵਿਦੇਸ਼ੀ ਕਰਜ਼, ਵਿਦੇਸ਼ੀ ਕਰੰਸੀ ਦੀ ਕਾਲਾਬਜ਼ਾਰੀ, ਜ਼ਖੀਰੇਬਾਜੀ, ਵੱਧ ਵਿਆਜ ਦਰਾਂ, ਮੁਦਰਾ ਦੀ ਲਗਾਤਾਰ ਘੱਟਦੀ ਕੀਮਤ ਆਦਿ ਵਰਗੀਆਂ ਅਲਾਮਤਾਂ ਵਿੱਚ ਘਿਰੀ ਹੋਈ ਸੀ। ਉਸ ਸਮੇਂ ਮਿਲੇਅ ਨੇ ਮਨੁੱਖੀ ਅੰਗਾਂ ਦੀ ਵਿਕਰੀ ਨੂੰ ਕਾਨੂੰਨੀ ਰੂਪ ਦੇਣ, ਸਮਾਜਿਕ ਖਰਚਿਆਂ ਵਿੱਚ ਭਾਰੀ ਕਟੌਤੀ ਕਰਨ, ਅਰਜਨਟੀਨਾ ਦੇ 1976-83 ਦੇ ਤਾਨਾਸ਼ਾਹੀ ਹਕੂਮਤ ਦੇ ਅਪਰਾਧਾਂ ਨੂੰ ਰੱਦ ਕਰਨ, ਅਰਜਨਟੀਨਾ ਦੇ ਦੋ ਸਭ ਤੋਂ ਮਹੱਤਵਪੂਰਨ ਵਪਾਰਕ ਭਾਈਵਾਲਾਂ, ਬਰਾਜ਼ੀਲ ਅਤੇ ਚੀਨ ਨਾਲ ਸਬੰਧਾਂ ਤੇ ਕੱਟ ਲਾਉਣ, ਅਰਜਨਟੀਨਾ ਦੇ ਕੇਂਦਰੀ ਬੈਂਕ ਨੂੰ ਖਤਮ ਕਰਨ ਅਤੇ ਆਰਥਿਕਤਾ ਦਾ ਡਾਲਰੀਕਰਨ ਕਰਨ ਦਾ ਦਾਅਵਾ ਕਰਨ, ਬ੍ਰਿਕਸ ਵਿੱਚੋਂ ਬਾਹਰ ਆਉਣ, ਕੱਟੜਪੰਥੀ ਆਰਥਿਕ ਸੁਧਾਰਾਂ ਦੀ ਲੜੀ ਵਜ਼ੋਂ ਬਿਜਲੀ ਅਤੇ ਟ੍ਰਾਂਸਪੋਰਟ ਸਬਸਿਡੀਆਂ ਘਟਾਉਣ, ਦੇਸ਼ ਦੀ ਮੁਦਰਾ ਪੈਸੋ ਨੂੰ 50% ਤੋਂ ਵੱਧ ਘਟਾਉਣ, ਸਰਕਾਰੀ ਮੰਤਰਾਲਿਆਂ ਦੀ ਗਿਣਤੀ 18 ਤੋਂ ਘਟਾਕੇ ਨੌਂ ਕਰਨ, ਜਨਤਕ ਕੰਮਾਂ ਨੂੰ ਮੁਅੱਤਲ ਕਰਨ, ਸਾਇੰਸ, ਸੱਭਿਆਚਾਰਕ, ਸਿਹਤ ਸੰਭਾਲ ਅਤੇ ਸਿੱਖਿਆ ਪ੍ਰਣਾਲੀਆਂ ਦਾ ਨਿੱਜੀਕਰਨ ਕਰਕੇ ਚਾਰ ਵੱਡੀਆਂ ਨਿੱਜੀ ਕਾਰਪੋਰੇਸ਼ਨਾਂ ਨੂੰ ਸੌਂਪਣ, ਚਾਰ ਨਿੱਜੀ ਜੇਲ੍ਹਾਂ ਬਣਾਉਣ ਦੇ ਨੁਸਖਿਆਂ ਨੂੰ ਅਰਜਨਟੀਨਾ ਦੀ ਬਿਮਾਰ ਆਰਥਿਕਤਾ ਲਈ ਔਸ਼ਧੀ ਵਾਂਗ ਪੇਸ਼ ਕੀਤਾ ਸੀ।

ਮਹਿੰਗਾਈ, ਬੇਰੁਜਗਾਰੀ ਤੋਂ ਬਿਨਾਂ ਅਰਜਨਟੀਨਾ ਸਿਰ ਚੜ੍ਹੇ 276.2 ਅਰਬ ਡਾਲਰ (ਕੁੱਲ ਜੀਡੀਪੀ ਦਾ 45%) ਦੇ ਕੱੁਲ ਬਾਹਰੀ ਕਰਜ਼ ਵਿੱਚੋਂ 46 ਅਰਬ ਡਾਲਰ ਇਕੱਲੇ ਆਈਐਮਐਫ ਦਾ ਕਰਜ਼ ਹੈ, ਜੋ ਅਰਜਨਟੀਨਾ ਲਈ ਵੱਡਾ ਬੋਝ ਬਣਿਆ ਹੋਇਆ ਹੈ। ਸਰਕਾਰ ਦੀ ਆਮਦਨ ਦਾ ਵੱਡਾ ਹਿੱਸਾ ਕਰਜ਼ ਦਾ ਵਿਆਜ਼ ਮੋੜਨ ਦੇ ਵੀ ਸਮਰੱਥ ਨਹੀਂ ਹੈ। ਕਰਜ਼ ਤੇ ਉਸਦੇ ਵਿਆਜ਼ ਦੀ ਦੇਣਦਾਰੀ ਅਮਰੀਕੀ ਡਾਲਰ ਵਿਚ ਹੋਣ ਕਰਕੇ ਅਮਰੀਕੀ ਫੈਡਰਲ ਬੈਂਕ ਵੱਲੋਂ ਵਧਾਈਆਂ ਜਾਂਦੀਆਂ ਵਿਆਜ਼ ਦਰਾਂ ਕਾਰਨ, ਅਰਜਨਟੀਨਾ ਸਿਰ ਕਰਜ਼ ਦੀ ਕੀਮਤ ਵੱਧ ਰਹੀ ਹੈ ਅਤੇ ਸਥਾਨਕ ਕਰੰਸੀ ਦੀ ਕੀਮਤ ਘਟਣ ਕਾਰਨ ਇਹ ਬੋਝ ਹੋਰ ਵੱਧ ਰਿਹਾ ਹੈ। ਇਸ ਕਰਜ਼ ਦੀ ਅਦਾਇਗੀ ਲਈ ਦੇਸ਼ ਦੇ ਪਬਲਿਕ ਅਦਾਰਿਆਂ ਨੂੰ ਵੱਡੀਆਂ ਕਾਰਪੋਰੇਸ਼ਨਾਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ।


ਕਾਰਪੋਰੇਟ ਜਮਾਤ ਦੇ ਚਹੇਤੇ ਮਿਲੇਅ ਪ੍ਰਸ਼ਾਸ਼ਨ ਨੇ ਸੱਤਾ ਸੰਭਾਲਣ ਦੇ ਕੁਝ ਦਿਨਾਂ ਬਾਅਦ ਹੀ ਸਰਕਾਰ ਵਿਰੋਧੀ ਜਮਹੂਰੀ ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦਾ ਗਲਾ ਘੋਟਣਾ ਸ਼ੁਰੂ ਕਰ ਦਿੱਤਾ। 1990-95 ਵਿੱਚ ਵਿਸ਼ਵ ਵਪਾਰ ਸੰਸਥਾ ਅਤੇ ਆਈਐਮਐਫ ਨੇ ਅਰਜਨਟੀਨਾ ਅੰਦਰ ਮੁਕਤ ਬਜ਼ਾਰ ਖੜਾ ਕਰਕੇ ਤਿੱਖੇ ਆਰਥਿਕ ਸੁਧਾਰ ਕੀਤੇ ਸਨ। ਜਿਸ ਤੋਂ ਬਾਅਦ ਵੱਡੀ ਪੱਧਰ ਉੱਤੇ ਬੰਦਰਗਾਹਾਂ, ਸਰਕਾਰੀ ਕਾਰਖਾਨੇ-ਫੈਕਟਰੀਆਂ, ਖੇਤੀ ਫਾਰਮ ਅਤੇ ਸਰਕਾਰੀ ਟੈਲੀਫੋਨ ਤੱਕ ਨੂੰ ਨਿੱਜੀ ਹੱਥਾਂ ਵਿਚ ਸੌਂਪ ਦਿੱਤਾ ਗਿਆ ਸੀ। ਅਰਜਨਟੀਨਾ ਦੇ ਮੌਜੂਦਾ ਆਰਥਿਕ ਹਾਲਾਤ ਉਹਨਾਂ ਹੀ ਸਾਮਰਾਜੀ ਨਵਉਦਾਰਵਾਦੀ ਨੀਤੀਆਂ ਦੀ ਪੈਦਾਇਸ਼ ਹਨ ਜਿਨ੍ਹਾਂ ਨੀਤੀਆਂ ਨੂੰ ਮਿਲੇਅ ਹੋਰ ਵੱਧ ਅਰਾਜਕ ਤਰੀਕੇ ਨਾਲ ਲਾਗੂ ਕਰਨ ਦੀ ਵਜ਼ਾਹਤ ਕਰ ਰਿਹਾ ਹੈ। ਜਨਤਕ ਸਿੱਖਿਆ ਤੇ ਹੋਰ ਜਨਤਕ ਸੇਵਾਵਾਂ ਦਾ ਨਿੱਜੀਕਰਨ ਕਰਕੇ ਨਵਉਦਾਰਵਾਦੀ ਏਜੰਡੇ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਮਹਿਜ਼ ਗਿਆਰਾਂ ਮਹੀਨਿਆਂ ਦੇ ਕਾਰਜਕਾਲ ਵਿੱਚ ਮਿਲੇਅ ਸਰਕਾਰ ਨੇ ਜਨਤਕ ਤਨਖਾਹਾਂ, ਪੈਨਸ਼ਨਾਂ, ਸਬਸਿਡੀਆਂ ਘਟਾਉਣ ਦੀਆਂ ਨੀਤੀਆਂ ਤੇ ਚੱਲਦਿਆਂ ਸੰਕਟ-ਗ੍ਰਸਤ ਅਰਜਨਟੀਨਾ ਨੂੰ ਇੱਕ ਹੋਰ ਵੱਡੀ ਸਮਾਜਿਕ ਅਸ਼ਾਂਤੀ ਵੱਲ ਧੱਕ ਦਿੱਤਾ ਹੈ। ਮਿਲੇਅ ਅਰਜਨਟੀਨਾ ਦੇ ਸੰਕਟ ਅਤੇ ਆਈਐਮਐਫ ਦੇ ਕਰਜ਼ ਦਾ ਭੁਗਤਾਨ ਕਰਨ ਲਈ, ਇਸਦਾ ਸਾਰਾ ਬੋਝ ਸਿਹਤ, ਸਿੱਖਿਆ, ਸੱਭਿਆਚਾਰ, ਵਿਗਿਆਨ, ਸੇਵਾਮੁਕਤ ਲੋਕਾਂ ਦੀ ਪੈਨਸ਼ਨ ਤੇ ਹੋਰ ਜਨਤਕ ਸੇਵਾਵਾਂ ਉੱਤੇ ਕੱਟ ਲਾ ਕੇ ਪੂਰਾ ਕਰਨ ਦਾ ਯਤਨ ਕਰ ਰਿਹਾ ਹੈ। ਘੋਰ ਸੰਕਟ ਵਿੱਚ ਫਸੇ ਅਰਜਨਟੀਨਾ ਦੇ ਲੋਕਾਂ ਦੀ ਲੜਾਈ ਵਿਆਪਕ ਹੈ। ਅਜਿਹੀ ਹਾਲਤ ਵਿੱਚ ਸਮਾਜ ਦੇ ਵੱਖ-ਵੱਖ ਤਬਕਿਆਂ ਸਮੇਤ ਵਿਦਿਆਰਥੀਆਂ ਵੱਲੋਂ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਇੱਕਜੁੱਟ, ਵਿਸ਼ਾਲ ਤੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾਉਣਾ ਇੱਕ ਚੰਗਾ ਵਰਤਾਰਾ ਹੈ। 


ਵਿਦਿਆਰਥੀ ਵਰਗ ਸਮਾਜਿਕ ਤੇ ਸਿਆਸੀ ਤੌਰ ਤੇ ਵਧੇਰੇ ਚੇਤੰਨ ਹੋਣ ਕਰਕੇ ਇਸਦੇ ਸੰਘਰਸ਼ਾਂ ਦਾ ਵੇਗ ਸਮਾਜ ਦੇ ਸਮੁੱਚੇ ਵਰਗਾਂ ਨੂੰ ਪ੍ਰਭਾਵਿਤ ਕਰਦਾ ਹੈ। ਅਰਜਨਟੀਨਾ ਦੇ ਮੌਜੂਦਾ ਵਿਦਿਆਰਥੀ ਅੰਦੋਲਨ ਨੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਚੱਲ ਰਹੇ ਮਜ਼ਦੂਰ ਸੰਘਰਸ਼ਾਂ ਵਿੱਚ ਇੱਕ ਨਵੀਂ ਤੇ ਨਿਵੇਕਲੀ ਜਾਗਰੁਕਤਾ ਪੈਦਾ ਕੀਤੀ ਹੈ। ਇਸ ਅੰਦੋਲਨ ਨੇ ਅਰਜਨਟੀਨਾ ਦੇ ਗਹਿਰੇ ਹੋ ਰਹੇ ਸਮਾਜਿਕ-ਆਰਥਿਕ ਸੰਕਟ ਲਈ ਜਿੰਮੇਵਾਰ ਸਾਮਰਾਜੀ ਨਵਉਦਾਰਵਾਦੀ ਨੀਤੀਆਂ ਨੂੰ ਸਿੱਧੀ ਚੁਣੌਤੀ ਦੇ ਕੇ ਜਨਤਕ ਸਿਹਤ, ਸਿੱਖਿਆ ਤੇ ਲੋਕਾਂ ਦੇ ਹੋਰ ਬੁਨਿਆਦੀ ਅਧਿਕਾਰਾਂ ਦੀਆਂ ਹਕੀਕੀ ਮੰਗਾਂ ਲਈ ਵਿਆਪਕ ਸਮਾਜਿਕ ਲਾਮਬੰਦੀ ਦਾ ਮੁੱਢ ਬੰਨ੍ਹ ਦਿੱਤਾ ਹੈ।  

- ਮਨਦੀਪ